ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਫਰਵਰੀ
ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੱਧੂ ਵੱਲੋਂ ਇੱਕ ਖ਼ਾਸ ਭਾਈਚਾਰੇ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੀ ਕਥਿਤ ਆਡੀਓ ਸਾਹਮਣੇ ਆਉਣ ਮਗਰੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਆਪ’ ਵਿਧਾਇਕ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੁਣੌਤੀ ਦਿੱਤੀ ਹੈ।
ਬਾਜਵਾ ਨੇ ਕਿਹਾ ਕਿ ਵਿਧਾਇਕ ਨੇ ਨਾ ਸਿਰਫ਼ ਇੱਕ ਖ਼ਾਸ ਭਾਈਚਾਰੇ ਨੂੰ ਗਾਲ਼ਾਂ ਕੱਢੀਆਂ, ਸਗੋਂ ਕੁਝ ਔਰਤਾਂ ਅਤੇ ਦਸਤਾਰ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਵੀ ਕੀਤੀ, ਜਿਸ ਨੂੰ ਸਿੱਖ ਧਰਮ ਵਿਚ ਸਨਮਾਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੀ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਆਪਣੇ ਵਿਧਾਇਕ ਨੂੰ ਮਿਸਾਲੀ ਸਜ਼ਾ ਦੇਵੇਗੀ? ਬਾਜਵਾ ਨੇ ਕਿਹਾ ਕਿ ਇਹ ਤਾਂ ਸਮਾਂ ਹੀ ਦੱਸੇਗਾ, ਪਰ ‘ਆਪ’ ਦਾ ਜਾਤੀਵਾਦੀ, ਸਿੱਖ ਵਿਰੋਧੀ ਅਤੇ ਔਰਤ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ।
ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਵਿਚ ਭਾਈਚਾਰਿਆਂ ਨੂੰ ਗਾਲ਼ਾਂ ਕੱਢਣਾ ਆਮ ਗੱਲ ਹੋ ਗਈ ਹੈ। ਇਸ ਤੋਂ ਪਹਿਲਾਂ ‘ਆਪ’ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਇਸੇ ਭਾਈਚਾਰੇ ਵਿਰੁੱਧ ਜਾਤੀਵਾਦੀ ਟਿੱਪਣੀਆਂ ਕੀਤੀਆਂ ਸਨ। ਹਾਲਾਂਕਿ, ਉਦੋਂ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ‘ਆਪ’ ਦੇ ਇੱਕ ਹੋਰ ਵਿਧਾਇਕ ਨੇ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ। ਹੁਣ ਤੱਕ ‘ਆਪ’ ਇਸ ’ਤੇ ਧਿਆਨ ਦੇਣ ਵਿਚ ਅਸਫ਼ਲ ਰਹੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਹੀ ਵਿਧਾਇਕ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ, ਬਲਕਾਰ ਸਿੱਧੂ ਦੀ ਅਪਮਾਨਜਨਕ ਆਡੀਓ ਪ੍ਰਸਾਰਿਤ ਕਰਨ ਵਾਲੇ ਸੋਸ਼ਲ ਮੀਡੀਆ ਪੱਤਰਕਾਰ ਮਨਿੰਦਰਜੀਤ ਸਿੱਧੂ ਖ਼ਿਲਾਫ਼ ਐਫਆਈਆਰ ਦਰਜ ਕਰ ਦਿੱਤੀ।